ਪੰਥਕ ਜਥੇਬੰਦੀਆਂ ਵੱਲੋਂ ਅਦਾਲਤ ਸਾਹਮਣੇ ਮੁਜ਼ਾਹਰਾ

ਜਸਵੰਤ ਜੱਸ

ਫ਼ਰੀਦਕੋਟ, 15 ਅਪਰੈਲ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਸਮੁੱਚੀ ਪੜਤਾਲ ਰਿਪੋਰਟ ਨੂੰ ਰੱਦ ਕਰਨ ਅਤੇ ਜਾਂਚ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਨੂੰ ਜਾਂਚ ਤੋਂ ਲਾਂਭੇ ਕਰਨ ਦੇ ਫ਼ੈਸਲੇ ਖ਼ਿਲਾਫ਼ ਪੰਥਕ ਧਿਰਾਂ ਨੇ ਅੱਜ ਇੱਥੇ ਜ਼ਿਲ੍ਹਾ ਅਦਾਲਤਾਂ ਦੇ ਬਾਹਰ ਸ਼ਾਂਤਮਈ ਰੋਸ ਧਰਨਾ ਦਿੱਤਾ।

ਧਰਨੇ ਨੂੰ ਸੰਬੋਧਨ ਕਰਦਿਆਂ ਜਸਕਰਨ ਸਿੰਘ, ਕਾਹਨ ਸਿੰਘ ਅਤੇ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਨਸਾਫ਼ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਛੇ ਸਾਲ ਬੀਤਣ ਮਗਰੋਂ ਵੀ ਕੋਟਕਪੂਰਾ ਗੋਲੀ ਕਾਂਡ ਦੇ ਕਸੂਰਵਾਰਾਂ ਨੂੰ ਸਜ਼ਾ ਨਹੀਂ ਮਿਲੀ।

ਸੁਖਰਾਜ ਸਿੰਘ ਨਿਆਮੀ ਵਾਲਾ ਨੇ ਦੋਸ਼ ਲਾਇਆ ਕਿ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੇ ਮੁਲਜ਼ਮ ਉੱਚ ਅਧਿਕਾਰੀ ਹਨ ਅਤੇ ਉਹ ਨਿਆਂ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਰਹੇ ਹਨ। ਸਿੱਖ ਜਥੇਬੰਦੀਆਂ ਨੇ ਫ਼ਰੀਦਕੋਟ ਦੇ ਸੈਸ਼ਨ ਜੱਜ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਮੰਗ ਪੱਤਰ ਵੀ ਭੇਜਿਆ। ਪੰਥਕ ਆਗੂਆਂ ਨੇ 19 ਅਪਰੈਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ। ਉਧਰ, ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਨੂੰ ਰੱਦ ਕਰਨ ਵਾਲਾ ਹਾਈ ਕੋਰਟ ਦਾ ਹੁਕਮ ਅਜੇ ਤਕ ਜਾਂਚ ਟੀਮ, ਮੁਲਜ਼ਮਾਂ ਅਤੇ ਪੰਜਾਬ ਸਰਕਾਰ ਨੂੰ ਨਹੀਂ ਮਿਲਿਆ। ਸਭ ਤੋਂ ਪਹਿਲਾਂ ਇਹ ਹੁਕਮ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਵੈੱਬਸਾਈਟ ’ਤੇ ਅੱਪਲੋਡ ਹੋਣਾ ਹੈ ਪਰ ਫ਼ੈਸਲੇ ਤੋਂ ਹਫ਼ਤਾ ਬਾਅਦ ਵੀ ਇਹ ਨਕਲ ਕਿਸੇ ਨੂੰ ਨਹੀਂ ਮਿਲੀ।

ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਜਨਤਕ ਹੋਵੇ: ਜਾਖੜ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਅੱਜ ਮੰਗ ਉਠਾਈ ਹੈ ਕਿ ਕੋਟਕਪੂਰਾ ਗੋਲੀ ਕਾਂਡ ਤੇ ਬੇਅਦਬੀ ਕਾਂਡ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ, ਬਸ਼ਰਤੇ ਇਸ ਬਾਰੇ ਅਪੀਲ ਦਾਇਰ ਕਰਨ ਵਿੱਚ ਕੋਈ ਕਾਨੂੰਨੀ ਅੜਚਣ ਨਾ ਬਣਦੀ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਖਰ ਸੱਚ ਤਾਂ ਪਤਾ ਲੱਗੇ ਕਿ ਇਹ ਕੌਣ ਲੋਕ ਸਨ ਜਿਨ੍ਹਾਂ ਦੀ ਸ਼ਹਿ ’ਤੇ ਅਜਿਹੀਆਂ ਮਾੜੀਆਂ ਘਟਨਾਵਾਂ ਵਾਪਰੀਆਂ ਸਨ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਇਹ ਮੰਗ ਵੀ ਰੱਖਣਗੇ ਕਿ ਕੇਸ ਵਿੱਚ ਅੜਚਣ ਪਾਉਣ ਲਈ ਜੇਕਰ ਕੋਈ ਜ਼ਿੰਮੇਵਾਰ ਹੈ ਤਾਂ ਉਸ ਦੀ ਵੀ ਪੜਤਾਲ ਕਰਕੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਅਜਿਹੇ ਸ਼ਖ਼ਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਾਖੜ ਨੇ ਕਿਹਾ ਕਿ ਕਾਂਗਰਸ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਨੂੰ ਅੰਜਾਮ ਤੱਕ ਜ਼ਰੂਰ ਪਹੁੰਚਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਮੁੱਖ ਮੰਤਰੀ ਦੀ ਕਾਬਲੀਅਤ ਅਤੇ ਸਮੱਰਥਾ ’ਤੇ ਸ਼ੱਕ ਨਹੀਂ ਹੋਣਾ ਚਾਹੀਦਾ ਹੈ। ਪਹਿਲਾਂ ਜਦੋਂ ਅਕਾਲੀ ਦਲ ਦਿੱਲੀ ਵਿੱਚ ਭਾਜਪਾ ਨਾਲ ਭਾਈਵਾਲ ਸੀ ਤਾਂ ਕੇਂਦਰ ਸਰਕਾਰ ਨੇ ਸੀਬੀਆਈ ਮਾਰਫ਼ਤ ਇਸ ਕੇਸ ਦੀ ਜਾਂਚ ਨੂੰ ਲਟਕਾਉਣ ਦੀਆਂ ਚਾਲਾਂ ਚੱਲੀਆਂ ਸਨ ਪਰ ਪੰਜਾਬ ਸਰਕਾਰ ਨੇ ਕਾਨੂੰਨੀ ਤਰੀਕੇ ਨਾਲ ਸੀਬੀਆਈ ਤੋਂ ਫਾਈਲਾਂ ਵਾਪਸ ਲੈ ਕੇ ਜਾਂਚ ਨੂੰ ਅੱਗੇ ਵਧਾਇਆ ਸੀ। ਉਨ੍ਹਾਂ ਕਿਹਾ ਕਿ ਹੁਣ ਜੋ ਹਾਈਕੋਰਟ ਦਾ ਸਿਟ ਸਬੰਧੀ ਨਿਰਣਾ ਆਇਆ ਹੈ, ਇਸ ਨੂੰ ਵੀ ਸੁਪਰੀਮ ਕੋਰਟ ਵਿੱਚ ਚੁਨੌਤੀ ਦੇਣ ਬਾਰੇ ਮੁੱਖ ਮੰਤਰੀ ਸਪਸ਼ੱਟ ਕਰ ਚੁੱਕੇ ਹਨ ਕਿ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਜ਼ਰੂਰ ਦਿਵਾਈਆਂ ਜਾਣਗੀਆਂ।

ਸਰਕਾਰ ਨੇ ਪੜਤਾਲ ਜਾਣਬੁੱਝ ਕੇ ਰੱਦ ਕਰਵਾਈ: ਢੀਂਡਸਾ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਸੀਨੀਅਰ ਆਗੂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਇਲਾਕੇ ਦੀਆਂ ਅਨਾਜ ਮੰਡੀਆਂ ਦੇ ਦੌਰੇ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਬਾਰਦਾਨੇ ਦਾ ਅਗਾਊਂ ਪ੍ਰਬੰਧ ਨਾ ਕਰਨ ਕਰਕੇ ਕਿਸਾਨ ਖੱਜਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬਾਦਲਾਂ ਨਾਲ ਕਥਿਤ ਮਿਲੀਭੁਗਤ ਕਰ ਕੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਜਾਣਬੁੱਝ ਕੇ ਰੱਦ ਕਰਵਾਈ।

Source link

Leave a Reply

Your email address will not be published. Required fields are marked *